ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ

ਕੇਂਦਰ ਸਰਕਾਰ ਵੱਲੋਂ ਤਿੰਨ ਕਿਸਾਨ-ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਸੀ ਅੰਦੋਲਨ ਨੂੰ ਮੁਲਤਵੀ ਕਰਨ ਦੇ ਚਾਰ ਮਹੀਨਿਆਂ ਬਾਅਦ, ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਵਿੱਚ ਕਿਸਾਨ ਜਥੇਬੰਦੀਆਂ ਸੰਘਰਸ਼ ਨੂੰ ਜਾਰੀ ਰੱਖਣ ਲਈ ਲੋਕਾਂ ਨੂੰ ਸਰਗਰਮੀ ਨਾਲ ਲਾਮਬੰਦ ਕਰ ਰਹੀਆਂ ਹਨ।

ਕਿਸਾਨ ਜਥੇਬੰਦੀਆਂ ਦੱਸ ਰਹੀਆਂ ਹਨ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਲਿਖਤੀ ਭਰੋਸਾ, ਜੋ ਪ੍ਰਧਾਨ ਮੰਤਰੀ ਨੇ ਦਸੰਬਰ 2021 ਵਿੱਚ ਉਨ੍ਹਾਂ ਨੂੰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣਾ ਧਰਨਾ ਵਾਪਸ ਲੈ ਲਿਆ ਸੀ, ਮਹਿਜ਼ ਧੋਖਾ ਸੀ। ਵੱਖ-ਵੱਖ ਫਸਲਾਂ ਲਈ ਐਮ.ਐਸ.ਪੀ. ਸਬੰਧੀ ਕੋਈ ਕਮੇਟੀ ਬਣਾਉਣ ਲਈ ਸਰਕਾਰ ਵੱਲੋਂ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਵਾਅਦੇ ਮੁਤਾਬਕ ਅੰਦੋਲਨਕਾਰੀ ਕਿਸਾਨਾਂ ‘ਤੇ ਦਰਜ ਪੁਲਿਸ ਕੇਸ ਵਾਪਸ ਲਏ ਜਾਣੇ ਸਨ, ਜੋ ਅਜੇ ਤੱਕ ਨਹੀਂ ਲਏ ਗਏ। ਕਈ ਕਿਸਾਨ ਅਜੇ ਵੀ ਹਿਰਾਸਤ ਵਿੱਚ ਹਨ। ਅੰਦੋਲਨ ਵਿੱਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਵਾਅਦਾ ਕੀਤਾ ਹੋਇਆ ਮੁਆਵਜ਼ਾ ਨਹੀਂ ਮਿਲਿਆ ਹੈ। ਲਖੀਮਪੁਰ ਖੇੜੀ ਵਿੱਚ ਅੰਦੋਲਨਕਾਰੀ ਕਿਸਾਨਾਂ ਦੇ ਕਤਲ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਟੈਣੀ ਨੂੰ ਸਜ਼ਾ ਨਹੀਂ ਮਿਲੀ ਹੈ। ਕਿਸਾਨ ਜਥੇਬੰਦੀਆਂ ਨੇ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਦੇਸ਼ ਭਰ ਵਿੱਚ ਇਕੱਠੇ ਹੋ ਕੇ ਅੰਦੋਲਨ ਨੂੰ ਅੱਗੇ ਵਧਾਉਣ ਦੀ ਲੋੜ ਹੈ।

ਅਸੀਂ ਹੇਠਾਂ ਪੰਜਾਬ ਵਿੱਚ ਕਿਸਾਨਾਂ ਦੇ ਹਾਲ ਹੀ ਵਿੱਚ ਹੋਏ ਕੁੱਝ ਪ੍ਰਦਰਸ਼ਨਾਂ ਦੀ ਰਿਪੋਰਟ ਕਰ ਰਹੇ ਹਾਂ।

Bhagatanwala_anaj_mandi
29 ਮਾਰਚ ਨੂੰ ਅੰਮ੍ਰਿਤਸਰ ਦੀ ਭਗਤਾਂਵਾਲਾ ਅਨਾਜ ਮੰਡੀ ਵਿੱਚ ਕਿਸਾਨ ਜਥੇਬੰਦੀਆਂ ਦੀ ਵਿਸ਼ਾਲ ਰੈਲੀ

29 ਮਾਰਚ ਨੂੰ ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਦੀ ਭਗਤਾਂਵਾਲਾ ਅਨਾਜ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ। ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਿਲ੍ਹਆਂ ਤੋਂ ਔਰਤਾਂ ਸਮੇਤ ਵੱਡੀ ਗਿਣਤੀ ‘ਚ ਕਿਸਾਨ ਅਨਾਜ ਮੰਡੀ ਵਿਖੇ ਇਕੱਠੇ ਹੋਏ ਅਤੇ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ। ਉਨ੍ਹਾਂ ਨੇ ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਰਾਜ ਦੇ ਅਧਿਕਾਰਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਟਰੇਡ ਯੂਨੀਅਨਾਂ ਅਤੇ ਮਜ਼ਦੂਰ ਜਥੇਬਮਦੀਆਂ ਦੀ ਦੋ ਰੋਜ਼ਾ ਆਲ ਇੰਡੀਆ ਹੜਤਾਲ ਦਾ ਸਮਰਥਨ ਕੀਤਾ।

ਇਹ ਰੈਲੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੀਤੀ ਗਈ। ਬੁਲਾਰਿਆਂ ਨੇ ਦਸੰਬਰ 2021 ਵਿੱਚ ਅੰਦੋਲਨ ਦੀ ਵਾਪਸੀ ਸਮੇਂ ਕੀਤੇ ਵਾਅਦਿਆਂ ਤੋਂ ਮੁਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹਿਣ ਅਤੇ ਕਣਕ ਦੀ ਖਰੀਦ ਵਿੱਚ ਬੇਲੋੜੀਆਂ ਰੁਕਾਵਟਾਂ ਪੈਦਾ ਕਰਨ ਦੇ ਨਾਲ-ਨਾਲ ਮੌਜੂਦਾ ਸੀਜ਼ਨ ਦੌਰਾਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਲਈ ਵੀ ਸਰਕਾਰ ਦੀ ਨਿੰਦਾ ਕੀਤੀ।

ਬੀਕੇਯੂ ਏਕਤਾ (ਉਗਰਾਹਾਂ) ਦੇ ਬੈਨਰ ਹੇਠ, 29 ਮਾਰਚ ਨੂੰ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ ਲੰਬੀ ਸਬ-ਤਹਿਸੀਲ ਦੇ ਬਾਹਰ ਸੈਂਕੜੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਉਹ ਲੰਬੇ ਸਮੇਂ ਤੋਂ ਨਰਮੇ ਦੀ ਫਸਲ ਨੂੰ ਗੁਲਾਬੀ ਕੀੜੇ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣ ਦਾ ਵਿਰੋਧ ਕਰ ਰਹੇ ਸਨ। ਅੰਦੋਲਨ ਦੇ ਹਿੱਸੇ ਵਜੋਂ, ਉਨ੍ਹਾਂ ਨੇ ਕਈ ਘੰਟੇ ਸਬ-ਤਹਿਸੀਲ ਦਫ਼ਤਰ ਦੇ ਅੰਦਰ ਸਰਕਾਰੀ ਅਧਿਕਾਰੀਆਂ ਦਾ ਘਿਰਾਓ ਕੀਤਾ। ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਕਿਸਾਨ ਜ਼ਖ਼ਮੀ ਹੋ ਗਏ। ਪੁਲੀਸ ਨੇ ਕੁੱਝ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਐਫ ਆਈ ਆਰ ਵੀ ਦਰਜ ਕੀਤੀ ਹੈ।

ਬੀਕੇਯੂ ਏਕਤਾ (ਉਗਰਾਹਾਂ) ਅਤੇ ਹੋਰ ਕਿਸਾਨ ਯੂਨੀਅਨਾਂ ਨੇ 7 ਅਪ੍ਰੈਲ ਨੂੰ ਬਠਿੰਡਾ ਤੋਂ ਸ਼ੁਰੂ ਕੀਤੀ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਨਿਯਮਤ ਮੀਟਿੰਗਾਂ ਅਤੇ ਘਰ-ਘਰ ਜਾਣ ਦੀ ਮੁਹਿੰਮ ਸ਼ੁਰੂ ਕੀਤੀ। ਇਹ ਪੂਰੇ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ, ‘ਐੱਮ.ਐੱਸ.ਪੀ. ਗਾਰੰਟੀ ਹਫ਼ਤਾ’ (11 ਤੋਂ 17 ਅਪ੍ਰੈਲ) ਮਨਾਉਣ ਲਈ ਐੱਸ.ਕੇ.ਐੱਮ. ਦੀ ਕਾਲ ਦਾ ਇੱਕ ਹਿੱਸਾ ਸੀ। ਲੁਧਿਆਣਾ ਵਿੱਚ ਸੂਬਾ ਪੱਧਰੀ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ 12 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਪੰਜਾਬ ਦੇ ਸਰਹੱਦੀ ਖੇਤਰ ਦੇ ਕਿਸਾਨਾਂ ਨੇ 29 ਮਾਰਚ ਨੂੰ ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਬੈਨਰ ਹੇਠ ਤਰਨਤਾਰਨ ਦੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ (ਡੀ.ਏ.ਸੀ.) ਦੇ ਸਾਹਮਣੇ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਅਨੁਸਾਰ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਸਰਹੱਦੀ ਕੰਡਿਆਲੀ ਤਾਰ ਲਗਾਉਣ ਲਈ ਐਕੁਆਇਰ ਕੀਤੀ ਗਈ ਹੈ, ਉਨ੍ਹਾਂ ਨੂੰ 10,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਹੈ, ਜੋ ਕਿ ਪਿਛਲੇ 4 ਸਾਲਾਂ ਤੋਂ ਬਕਾਇਆ ਹੈ। ਇਸ ਮੁਆਵਜ਼ੇ ਦੀ ਤੁਰੰਤ ਅਦਾਇਗੀ ਦੇ ਨਾਲ-ਨਾਲ ਉਨ੍ਹਾਂ ਨੇ ਸਰਹੱਦੀ ਗਸ਼ਤ ਲਈ ਬੀ.ਐਸ.ਐਫ. ਵੱਲੋਂ ਲਈ ਗਈ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।

25 ਮਾਰਚ ਨੂੰ ਐੱਸ.ਕੇ.ਐੱਮ. ਦੇ ਬੈਨਰ ਹੇਠ ਸੈਂਕੜੇ ਕਿਸਾਨ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਅੱਗੇ ਇਕੱਠੇ ਹੋਏ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਂ ਕੀਤੇ ਸਾਰੇ ਵਾਅਦਿਆਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਦੀਆਂ ਹੋਰ ਮੰਗਾਂ ਵਿੱਚ ਸੰਸਦ ਦੁਆਰਾ ਪਾਸ ਕੀਤੇ ਡੈਮ ਸੇਫਟੀ ਐਕਟ-2021 ਨੂੰ ਵਾਪਸ ਲੈਣਾ ਸ਼ਾਮਲ ਹੈ, ਜਿਸ ਦਾ ਉਦੇਸ਼ ਦੇਸ਼ ਦੇ ਦਰਿਆਵਾਂ ‘ਤੇ ਬਣੇ ਡੈਮਾਂ ਤੋਂ ਪਾਣੀ ਅਤੇ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐੱਮ.ਬੀ.) ਵਿੱਚ ਪੰਜਾਬ ਅਤੇ ਹਰਿਆਣਾ ਦੇ ਮੈਂਬਰਾਂ ਦੀ ਨੁਮਾਇੰਦਗੀ ਨੂੰ ਸਥਾਈ ਤੌਰ ‘ਤੇ ਖਤਮ ਕਰਨਾ ਹੈ।

ਇਸ ਤੋਂ ਪਹਿਲਾਂ ਇਸੇ ਦਿਨ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਰਾਜ ਭਵਨ ਤੱਕ ਟਰੈਕਟਰ ਮਾਰਚ ਕੱਢਿਆ, ਪਰ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਵਾਈ.ਪੀ.ਐਸ. ਚੌਕ ‘ਤੇ ਰੋਕ ਦਿੱਤਾ। ਇਸ ਤੋਂ ਬਾਅਦ ਉਹ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਸਥਿਤ ਗੀਤਾ ਮੰਦਰ ਨੇੜੇ ਧਰਨੇ ‘ਤੇ ਬੈਠ ਗਏ। ਬਾਅਦ ਵਿੱਚ 35 ਮੈਂਬਰੀ ਕਿਸਾਨ ਵਫ਼ਦ ਨੇ ਪੰਜਾਬ ਦੇ ਰਾਜਪਾਲ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਅਤੇ ਆਪਣੀਆਂ ਮੰਗਾਂ ਦਾ ਚਾਰਟਰ ਵੀ ਹਰਿਆਣਾ ਦੇ ਰਾਜਪਾਲ ਨੂੰ ਸੌਂਪਿਆ।

ਰੋਹਤਕ ਵਿੱਚ 22 ਮਾਰਚ ਨੂੰ ਕਈ ਕਿਸਾਨ ਜਥੇਬੰਦੀਆਂ ਨੇ ਜਾਟ ਧਰਮਸ਼ਾਲਾ ਤੋਂ ਕਰਨਾਲ ਮਿੰਨੀ ਸਕੱਤਰੇਤ ਤੱਕ ਧਰਨਾ ਅਤੇ ਰੋਸ ਮਾਰਚ ਕੱਢਿਆ। ਉਨ੍ਹਾਂ ਨੇ ਸਿਟੀ ਮੈਜਿਸਟਰੇਟ ਨੂੰ ਮੰਗ ਪੱਤਰ ਸੌਂਪਿਆ।

ਕਿਰਤੀ ਕਿਸਾਨ ਯੂਨੀਅਨ (ਕੇ.ਕੇ.ਯੂ.) ਨੇ 21 ਅਪ੍ਰੈਲ ਨੂੰ ਐਲਾਨ ਕੀਤਾ ਹੈ ਕਿ ਉਹ ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਲਈ ਅਪਣਾਏ ਜਾ ਰਹੀਆਂ ਧੱਕੇਸ਼ਾਹੀਆਂ ਦਾ ਵਿਰੋਧ ਕਰਨ ਲਈ ਪੰਜਾਬ ਸਰਕਾਰ ਵਿਰੁੱਧ ਅੰਦੋਲਨ ਕਰੇਗੀ। ਯੂਨੀਅਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਯੂਨੀਅਨ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਦਾ ਸਖ਼ਤ ਵਿਰੋਧ ਕਰੇਗੀ। ਯੂਨੀਅਨ ਨੇ ਦੱਸਿਆ ਕਿ ਇਸ ਸਾਲ ਕਣਕ ਦੇ ਝਾੜ ਵਿੱਚ ਭਾਰੀ ਕਮੀ ਆਈ ਹੈ। ਕਿਸਾਨ ਕਰਜ਼ੇ ਦੀ ਕਿਸ਼ਤ ਨਹੀਂ ਮੋੜ ਸਕਦੇ। ਉਨ੍ਹਾਂ ਮੰਗ ਕੀਤੀ ਹੈ ਕਿ ਛੋਟੇ ਕਿਸਾਨਾਂ ਦਾ ਸਾਰਾ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ।

ਕਿਸਾਨਾਂ ਦਾ ਲਗਾਤਾਰ ਚੱਲ ਰਿਹਾ ਅੰਦੋਲਨ ਦਰਸਾਉਂਦਾ ਹੈ ਕਿ ਕਿਸਾਨ ਕੇਂਦਰ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਮੰਨਣ ਦੇ ਰੌਂਅ ਵਿੱਚ ਨਹੀਂ ਹਨ।

close

Share and Enjoy !

Shares

Leave a Reply

Your email address will not be published.